Saturday, January 31, 2026
HomeGeneralਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ...

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਦਿੱਤਾ ਸੱਦਾ

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਲੋਕਾਂ ਨੂੰ ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿਖਾਏ ਸਰਬ-ਸਾਂਝੀਵਾਲਤਾ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।

ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਸਾਬਕਾ ਮੰਤਰੀ ਬਲਕਾਰ ਸਿੰਘ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ਵਿੱਚ ਸਮਾਗਮ ਕਰਵਾਏ ਜਾਣਗੇ, ਜਿਸ ਸਬੰਧੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਤਜਵੀਜ਼ ਬਣਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਬੰਧੀ ਵਿਆਪਕ ਖੋਜ ਅਤੇ ਅਧਿਐਨ ਲਈ ਕੇਂਦਰ ਦੀ ਸਥਾਪਨਾ ਲਈ ਅੱਜ ਸੇਲ ਡੀਡ ਵੀ ਸਾਈਨ ਕੀਤੀ ਗਈ ਹੈ।

ਸ਼੍ਰੀ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ, ਜਿਨ੍ਹਾਂ ’ਤੇ ਚੱਲ ਕੇ ਸਾਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫੇ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਰੂਪ-ਰੇਖਾ ਉਲੀਕੀ ਗਈ ਹੈ ਅਤੇ ਸਰਕਾਰ ਵੱਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਬੇਮਿਸਾਲ ਢੰਗ ਨਾਲ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਪੇਸ਼ ਕੀਤਾ ਗਿਆ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਤਕਲੀਫ਼ ਨਾ ਝੱਲਣੀ ਪਵੇ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਸਿੱਖਿਆਵਾਂ ’ਤੇ ਚੱਲਦੇ ਹੋਏ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments